ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥

ਅਰਥ: ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ।ਰਹਾਉ।

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।੧।

ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।੨।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।੩।

ਹੇ ਨਾਨਕ! ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।੪।੪।੧੫।

SORAT’H, FIFTH MEHL:

Those whose minds are attached to the lotus feet of the Lord — those humble beings are satisfied and fulfilled. But those, within whose hearts the priceless virtue does not abide — those men remain thirsty and unsatisfied. || 1 || Worshipping the Lord in adoration, one becomes happy, and free of disease. But one who forgets my Dear Lord — know him to be afflicted with tens of thousands of illnesses. || Pause || Those who hold tightly to Your Support, God, are happy in Your Sanctuary. But those humble beings who forget the Primal Lord, the Architect of Destiny, are counted among the most miserable beings. || 2 || One who has faith in the Guru, and who is lovingly attached to God, enjoys the delights of supreme ecstasy. One who forgets God and forsakes the Guru, falls into the most horrible hell. || 3 || As the Lord engages someone, so he is engaged, and so does he perform. Nanak has taken to the Shelter of the Saints; his heart is absorbed in the Lord’s feet. || 4 || 4 || 15 ||


Audio Gurbani at Spotify